HUKAMNAMA 09 MAY, 2024 | SIKH SIKHI SIKHISM

ਵੀਰਵਾਰ, ੨੭ ਵੈਸਾਖ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੬੧੯)

ਸੋਰਠਿ ਮਹਲਾ ੫ ॥
ਹਮਰੀ ਗਣਤ ਨ ਗਣੀਆ ਕਾਈ ਅਪਣਾ ਬਿਰਦੁ ਪਛਾਣਿ ॥ ਹਾਥ ਦੇਇ ਰਾਖੇ ਕਰਿ ਅਪੁਨੇ ਸਦਾ ਸਦਾ ਰੰਗੁ ਮਾਣਿ ॥੧॥ ਸਾਚਾ ਸਾਹਿਬੁ ਸਦ ਮਿਹਰਵਾਣੁ ॥ ਬੰਧੁ ਪਾਇਆ ਮੇਰੈ ਸਤਿਗੁਰਿ ਪੂਰੈ ਹੋਈ ਸਰਬ ਕਲਿਆਣ ॥ ਰਹਾਉ ॥ ਜੀਉ ਪਾਇ ਪਿੰਡੁ ਜਿਨਿ ਸਾਜਿਆ ਦਿਤਾ ਪੈਨਣੁ ਖਾਣੁ ॥ ਅਪਣੇ ਦਾਸ ਕੀ ਆਪਿ ਪੈਜ ਰਾਖੀ ਨਾਨਕ ਸਦ ਕੁਰਬਾਣੁ ॥੨॥੧੬॥੪੪॥

ਹੇ ਭਾਈ! ਪਰਮਾਤਮਾ ਅਸਾਂ ਜੀਵਾਂ ਦੇ ਕੀਤੇ ਮੰਦ-ਕਰਮਾਂ ਦਾ ਕੋਈ ਖ਼ਿਆਲ ਨਹੀਂ ਕਰਦਾ । ਉਹ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਉ ਨੂੰ ਚੇਤੇ ਰੱਖਦਾ ਹੈ, (ਉਹ, ਸਗੋਂ, ਸਾਨੂੰ ਗੁਰੂ ਮਿਲਾ ਕੇ, ਸਾਨੂੰ) ਆਪਣੇ ਬਣਾ ਕੇ (ਆਪਣੇ) ਹੱਥ ਦੇ ਕੇ (ਸਾਨੂੰ ਵਿਕਾਰਾਂ ਵਲੋਂ) ਬਚਾਂਦਾ ਹੈ । (ਜਿਸ ਵਡ-ਭਾਗੀ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸਦਾ ਹੀ ਆਤਮਕ ਆਨੰਦ ਮਾਣਦਾ ਹੈ ।੧। ਹੇ ਭਾਈ! ਸਦਾ ਕਾਇਮ ਰਹਿਣ ਵਾਲਾ ਮਾਲਕ-ਪ੍ਰਭੂ ਸਦਾ ਦਇਆਵਾਨ ਰਹਿੰਦਾ ਹੈ, (ਕੁਕਰਮਾਂ ਵਲ ਪਰਤ ਰਹੇ ਬੰਦਿਆਂ ਨੂੰ ਉਹ ਗੁਰੂ ਮਿਲਾਂਦਾ ਹੈ । ਜਿਸ ਨੂੰ ਪੂਰਾ ਗੁਰੂ ਮਿਲ ਪਿਆ, ਉਸ ਦੇ ਵਿਕਾਰਾਂ ਦੇ ਰਸਤੇ ਵਿਚ) ਮੇਰੇ ਪੂਰੇ ਗੁਰੂ ਨੇ ਬੰਨ੍ਹ ਮਾਰ ਦਿੱਤਾ (ਤੇ, ਇਸ ਤਰ੍ਹਾਂ ਉਸ ਦੇ ਅੰਦਰ) ਸਾਰੇ ਆਤਮਕ ਆਨੰਦ ਪੈਦਾ ਹੋ ਗਏ ।ਰਹਾਉ। ਹੇ ਭਾਈ! ਜਿਸ ਪਰਮਾਤਮਾ ਨੇ ਜਿੰਦ ਪਾ ਕੇ (ਸਾਡਾ) ਸਰੀਰ ਪੈਦਾ ਕੀਤਾ ਹੈ, ਜੇਹੜਾ (ਹਰ ਵੇਲੇ) ਸਾਨੂੰ ਖ਼ੁਰਾਕ ਤੇ ਪੁਸ਼ਾਕ ਦੇ ਰਿਹਾ ਹੈ, ਉਹ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਆਪਣੇ ਸੇਵਕ ਦੀ ਇੱਜ਼ਤ (ਗੁਰੂ ਮਿਲਾ ਕੇ) ਆਪ ਬਚਾਂਦਾ ਹੈ । ਹੇ ਨਾਨਕ! (ਆਖ—ਮੈਂ ਉਸ ਪਰਮਾਤਮਾ ਤੋਂ) ਸਦਾ ਸਦਕੇ ਜਾਂਦਾ ਹਾਂ ।੨।੧੬।੪੪।

Leave a Reply

Your email address will not be published. Required fields are marked *