HUKAMNAMA 15 JULY, 2024 | SIKH SIKHI SIKHISM

ਸੋਮਵਾਰ, ੩੨ ਹਾੜ (ਸੰਮਤ ੫੫੬ ਨਾਨਕਸ਼ਾਹੀ)
(ਅੰਗ : ੫੯੮)

ਸੋਰਠਿ ਮਹਲਾ ੧ ॥
ਜਿਸੁ ਜਲ ਨਿਧਿ ਕਾਰਣਿ ਤੁਮ ਜਗਿ ਆਏ ਸੋ ਅੰਮ੍ਰਿਤੁ ਗੁਰ ਪਾਹੀ ਜੀਉ ॥ ਛੋਡਹੁ ਵੇਸੁ ਭੇਖ ਚਤੁਰਾਈ ਦੁਬਿਧਾ ਇਹੁ ਫਲੁ ਨਾਹੀ ਜੀਉ ॥੧॥ ਮਨ ਰੇ ਥਿਰੁ ਰਹੁ ਮਤੁ ਕਤ ਜਾਹੀ ਜੀਉ ॥ ਬਾਹਰਿ ਢੂਢਤ ਬਹੁਤੁ ਦੁਖੁ ਪਾਵਹਿ ਘਰਿ ਅੰਮ੍ਰਿਤੁ ਘਟ ਮਾਹੀ ਜੀਉ ॥ ਰਹਾਉ ॥ ਅਵਗੁਣ ਛੋਡਿ ਗੁਣਾ ਕਉ ਧਾਵਹੁ ਕਰਿ ਅਵਗੁਣ ਪਛੁਤਾਹੀ ਜੀਉ ॥ ਸਰ ਅਪਸਰ ਕੀ ਸਾਰ ਨ ਜਾਣਹਿ ਫਿਰਿ ਫਿਰਿ ਕੀਚ ਬੁਡਾਹੀ ਜੀਉ ॥੨॥ ਅੰਤਰਿ ਮੈਲੁ ਲੋਭ ਬਹੁ ਝੂਠੇ ਬਾਹਰਿ ਨਾਵਹੁ ਕਾਹੀ ਜੀਉ ॥ ਨਿਰਮਲ ਨਾਮੁ ਜਪਹੁ ਸਦ ਗੁਰਮੁਖਿ ਅੰਤਰ ਕੀ ਗਤਿ ਤਾਹੀ ਜੀਉ ॥੩॥ ਪਰਹਰਿ ਲੋਭੁ ਨਿੰਦਾ ਕੂੜੁ ਤਿਆਗਹੁ ਸਚੁ ਗੁਰ ਬਚਨੀ ਫਲੁ ਪਾਹੀ ਜੀਉ ॥ ਜਿਉ ਭਾਵੈ ਤਿਉ ਰਾਖਹੁ ਹਰਿ ਜੀਉ ਜਨ ਨਾਨਕ ਸਬਦਿ ਸਲਾਹੀ ਜੀਉ ॥੪॥੯॥

(ਹੇ ਭਾਈ!) ਜਿਸ ਅੰਮ੍ਰਿਤ ਦੇ ਖ਼ਜ਼ਾਨੇ ਦੀ ਖ਼ਾਤਰ ਤੁਸੀ ਜਗਤ ਵਿਚ ਆਏ ਹੋ ਉਹ ਅੰਮ੍ਰਿਤ ਗੁਰੂ ਪਾਸੋਂ ਮਿਲਦਾ ਹੈ; ਪਰ ਧਾਰਮਿਕ ਭੇਖ ਦਾ ਪਹਿਰਾਵਾ ਛੱਡੋ, ਮਨ ਦੀ ਚਲਾਕੀ ਭੀ ਛੱਡੋ (ਬਾਹਰੋਂ ਸ਼ਕਲ ਧਰਮੀਆਂ ਵਾਲੀ, ਤੇ ਅੰਦਰ ਦੁਨੀਆ ਨੂੰ ਠੱਗਣ ਦੀ ਚਲਾਕੀ) ਇਸ ਦੋ-ਰੁਖ਼ੀ ਚਾਲ ਵਿਚ ਪਿਆਂ ਇਹ ਅੰਮ੍ਰਿਤ-ਫਲ ਨਹੀਂ ਮਿਲ ਸਕਦਾ ।੧। ਹੇ ਮੇਰੇ ਮਨ! (ਅੰਦਰ ਹੀ ਪ੍ਰਭੂ-ਚਰਨਾਂ ਵਿਚ) ਟਿਕਿਆ ਰਹੁ, (ਵੇਖੀਂ, ਨਾਮ-ਅੰਮ੍ਰਿਤ ਦੀ ਭਾਲ ਵਿਚ) ਕਿਤੇ ਬਾਹਰ ਨਾਹ ਭਟਕਦਾ ਫਿਰੀਂ । ਜੇ ਤੂੰ ਬਾਹਰ ਢੂੰਢਣ ਤੁਰ ਪਿਆ, ਤਾਂ ਬਹੁਤ ਦੁੱਖ ਪਾਏਂਗਾ । ਅਟੱਲ ਆਤਮਕ ਜੀਵਨ ਦੇਣ ਵਾਲਾ ਰਸ ਤੇਰੇ ਘਰ ਵਿਚ ਹੀ ਹੈ, ਹਿਰਦੇ ਵਿਚ ਹੀ ਹੈ ।ਰਹਾਉ। (ਹੇ ਭਾਈ!) ਔਗੁਣ ਛੱਡ ਕੇ ਗੁਣ ਹਾਸਲ ਕਰਨ ਦਾ ਜਤਨ ਕਰੋ । ਜੇ ਔਗੁਣ ਹੀ ਕਰਦੇ ਰਹੋਗੇ ਤਾਂ ਪਛੁਤਾਣਾ ਪਏਗਾ । (ਹੇ ਮਨ!) ਤੂੰ ਮੁੜ ਮੁੜ ਮੋਹ ਦੇ ਚਿੱਕੜ ਵਿਚ ਡੁੱਬ ਰਿਹਾ ਹੈਂ, ਤੂੰ ਚੰਗੇ ਮੰਦੇ ਦੀ ਪਰਖ ਕਰਨੀ ਨਹੀਂ ਜਾਣਦਾ ।੨। (ਹੇ ਭਾਈ!) ਜੇ ਅੰਦਰ (ਮਨ ਵਿਚ) ਲੋਭ ਦੀ ਮੈਲ ਹੈ (ਤੇ ਲੋਭ-ਅਧੀਨ ਹੋ ਕੇ) ਕਈ ਠੱਗੀ ਦੇ ਕੰਮ ਕਰਦੇ ਹੋ, ਤਾਂ ਬਾਹਰ (ਤੀਰਥ ਆਦਿਕਾਂ ਤੇ) ਇਸ਼ਨਾਨ ਕਰਨ ਦਾ ਕੀਹ ਲਾਭ? ਅੰਦਰਲੀ ਉੱਚੀ ਅਵਸਥਾ ਤਦੋਂ ਹੀ ਬਣੇਗੀ, ਜੇ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਸਦਾ ਪ੍ਰਭੂ ਦਾ ਪਵਿਤ੍ਰ ਨਾਮ ਜਪੋਗੇ ।੩। (ਹੇ ਮਨ!) ਲੋਭ ਛੱਡ, ਨਿੰਦਿਆ ਤੇ ਝੂਠ ਤਿਆਗ । ਗੁਰੂ ਦੇ ਬਚਨਾਂ ਤੇ ਤੁਰਿਆਂ ਹੀ ਸਦਾ-ਥਿਰ ਰਹਿਣ ਵਾਲਾ ਅੰਮ੍ਰਿਤ-ਫਲ ਮਿਲੇਗਾ । ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ ਕੇ ਆਖ—) ਹੇ ਹਰੀ! ਜਿਵੇਂ ਤੇਰੀ ਰਜ਼ਾ ਹੈ ਤਿਵੇਂ ਮੈਨੂੰ ਰੱਖ (ਪਰ ਇਹ ਮਿਹਰ ਕਰ ਕਿ ਗੁਰੂ ਦੇ) ਸ਼ਬਦ ਵਿਚ ਜੁੜ ਕੇ ਮੈਂ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੯।

Leave a Reply

Your email address will not be published. Required fields are marked *