HUKAMNAMA 27 JULY, 2024 | SIKH SIKHI SIKHISM

ਸ਼ਨਿਚਰਵਾਰ, ੧੨ ਸਾਵਣ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੮੨੬)

ਬਿਲਾਵਲੁ ਮਹਲਾ ੫ ॥
ਗੋਬਿਦੁ ਸਿਮਰਿ ਹੋਆ ਕਲਿਆਣੁ ॥ ਮਿਟੀ ਉਪਾਧਿ ਭਇਆ ਸੁਖੁ ਸਾਚਾ ਅੰਤਰਜਾਮੀ ਸਿਮਰਿਆ ਜਾਣੁ ॥੧॥ ਰਹਾਉ ॥ ਜਿਸ ਕੇ ਜੀਅ ਤਿਨਿ ਕੀਏ ਸੁਖਾਲੇ ਭਗਤ ਜਨਾ ਕਉ ਸਾਚਾ ਤਾਣੁ ॥ ਦਾਸ ਅਪੁਨੇ ਕੀ ਆਪੇ ਰਾਖੀ ਭੈ ਭੰਜਨ ਊਪਰਿ ਕਰਤੇ ਮਾਣੁ ॥੧॥ ਭਈ ਮਿਤ੍ਰਾਈ ਮਿਟੀ ਬੁਰਾਈ ਦ੍ਰੁਸਟ ਦੂਤ ਹਰਿ ਕਾਢੇ ਛਾਣਿ ॥ ਸੂਖ ਸਹਜ ਆਨੰਦ ਘਨੇਰੇ ਨਾਨਕ ਜੀਵੈ ਹਰਿ ਗੁਣਹ ਵਖਾਣਿ ॥੨॥੨੬॥੧੧੨॥

ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ । ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ ।੧।ਰਹਾਉ। ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ । ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ । ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ।੧। (ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ । ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ । ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ।੨।੨੬।੧੧੨।

Leave a Reply

Your email address will not be published. Required fields are marked *