ਬੁੱਧਵਾਰ, ੧੪ ਕੱਤਕ (ਸੰਮਤ ੫੫੬ ਨਾਨਕਸ਼ਾਹੀ)
(ਅੰਗ: ੭੭੧)
ਸੂਹੀ ਮਹਲਾ ੩ ॥
ਜੇ ਲੋੜਹਿ ਵਰੁ ਬਾਲੜੀਏ ਤਾ ਗੁਰ ਚਰਣੀ ਚਿਤੁ ਲਾਏ ਰਾਮ ॥ ਸਦਾ ਹੋਵਹਿ ਸੋਹਾਗਣੀ ਹਰਿ ਜੀਉ ਮਰੈ ਨ ਜਾਏ ਰਾਮ ॥ ਹਰਿ ਜੀਉ ਮਰੈ ਨ ਜਾਏ ਗੁਰ ਕੈ ਸਹਜਿ ਸੁਭਾਏ ਸਾ ਧਨ ਕੰਤ ਪਿਆਰੀ ॥ ਸਚਿ ਸੰਜਮਿ ਸਦਾ ਹੈ ਨਿਰਮਲ ਗੁਰ ਕੈ ਸਬਦਿ ਸੀਗਾਰੀ ॥ ਮੇਰਾ ਪ੍ਰਭੁ ਸਾਚਾ ਸਦ ਹੀ ਸਾਚਾ ਜਿਨਿ ਆਪੇ ਆਪੁ ਉਪਾਇਆ ॥ ਨਾਨਕ ਸਦਾ ਪਿਰੁ ਰਾਵੇ ਆਪਣਾ ਜਿਨਿ ਗੁਰ ਚਰਣੀ ਚਿਤੁ ਲਾਇਆ ॥੧॥ ਪਿਰੁ ਪਾਇਅੜਾ ਬਾਲੜੀਏ ਅਨਦਿਨੁ ਸਹਜੇ ਮਾਤੀ ਰਾਮ ॥ ਗੁਰਮਤੀ ਮਨਿ ਅਨਦੁ ਭਇਆ ਤਿਤੁ ਤਨਿ ਮੈਲੁ ਨ ਰਾਤੀ ਰਾਮ ॥ ਤਿਤੁ ਤਨਿ ਮੈਲੁ ਨ ਰਾਤੀ ਹਰਿ ਪ੍ਰਭਿ ਰਾਤੀ ਮੇਰਾ ਪ੍ਰਭੁ ਮੇਲਿ ਮਿਲਾਏ ॥ ਅਨਦਿਨੁ ਰਾਵੇ ਹਰਿ ਪ੍ਰਭੁ ਅਪਣਾ ਵਿਚਹੁ ਆਪੁ ਗਵਾਏ ॥ ਗੁਰਮਤਿ ਪਾਇਆ ਸਹਜਿ ਮਿਲਾਇਆ ਅਪਣੇ ਪ੍ਰੀਤਮ ਰਾਤੀ ॥ ਨਾਨਕ ਨਾਮੁ ਮਿਲੈ ਵਡਿਆਈ ਪ੍ਰਭੁ ਰਾਵੇ ਰੰਗਿ ਰਾਤੀ ॥੨॥ ਪਿਰੁ ਰਾਵੇ ਰਾਤੜੀਏ ਪਿਰ ਕਾ ਮਹਲੁ ਤਿਨ ਪਾਇਆ ਰਾਮ ॥ ਸੋ ਸਹੋ ਅਤਿ ਨਿਰਮਲੁ ਦਾਤਾ ਜਿਨਿ ਵਿਚਹੁ ਆਪੁ ਗਵਾਇਆ ਰਾਮ ॥ ਵਿਚਹੁ ਮੋਹੁ ਚੁਕਾਇਆ ਜਾ ਹਰਿ ਭਾਇਆ ਹਰਿ ਕਾਮਣਿ ਮਨਿ ਭਾਣੀ ॥ ਅਨਦਿਨੁ ਗੁਣ ਗਾਵੈ ਨਿਤ ਸਾਚੇ ਕਥੇ ਅਕਥ ਕਹਾਣੀ ॥ ਜੁਗ ਚਾਰੇ ਸਾਚਾ ਏਕੋ ਵਰਤੈ ਬਿਨੁ ਗੁਰ ਕਿਨੈ ਨ ਪਾਇਆ ॥ ਨਾਨਕ ਰੰਗਿ ਰਵੈ ਰੰਗਿ ਰਾਤੀ ਜਿਨਿ ਹਰਿ ਸੇਤੀ ਚਿਤੁ ਲਾਇਆ ॥੩॥ ਕਾਮਣਿ ਮਨਿ ਸੋਹਿਲੜਾ ਸਾਜਨ ਮਿਲੇ ਪਿਆਰੇ ਰਾਮ ॥ ਗੁਰਮਤੀ ਮਨੁ ਨਿਰਮਲੁ ਹੋਆ ਹਰਿ ਰਾਖਿਆ ਉਰਿ ਧਾਰੇ ਰਾਮ ॥ ਹਰਿ ਰਾਖਿਆ ਉਰਿ ਧਾਰੇ ਅਪਨਾ ਕਾਰਜੁ ਸਵਾਰੇ ਗੁਰਮਤੀ ਹਰਿ ਜਾਤਾ ॥ ਪ੍ਰੀਤਮਿ ਮੋਹਿ ਲਇਆ ਮਨੁ ਮੇਰਾ ਪਾਇਆ ਕਰਮ ਬਿਧਾਤਾ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਹਰਿ ਵਸਿਆ ਮੰਨਿ ਮੁਰਾਰੇ ॥ ਨਾਨਕ ਮੇਲਿ ਲਈ ਗੁਰਿ ਅਪੁਨੈ ਗੁਰ ਕੈ ਸਬਦਿ ਸਵਾਰੇ ॥੪॥੫॥੬॥
ਪੰਜਾਬੀ ਵਿਆਖਿਆ:
ਹੇ ਅੰਞਾਣ ਜੀਵ-ਇਸਤ੍ਰੀਏ! ਜੇ ਤੂੰ ਪ੍ਰਭੂ-ਪਤੀ ਦਾ ਮਿਲਾਪ ਚਾਹੁੰਦੀ ਹੈਂ, ਤਾਂ ਆਪਣੇ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਰੱਖ। ਤੂੰ ਸਦਾ ਲਈ ਸੁਹਾਗ-ਭਾਗ ਵਾਲੀ ਬਣ ਜਾਏਂਗੀ, ਕਿਉਂਕਿ ਪ੍ਰਭੂ-ਪਤੀ ਨਾਹ ਕਦੇ ਮਰਦਾ ਹੈ, ਨਾਹ ਨਾਸ ਹੁੰਦਾ ਹੈ। ਪ੍ਰਭੂ-ਪਤੀ ਕਦੇ ਨਹੀਂ ਮਰਦਾ, ਕਦੇ ਨਾਸ ਨਹੀਂ ਹੁੰਦਾ। ਜੇਹੜੀ ਜੀਵ-ਇਸਤ੍ਰੀ ਗੁਰੂ ਦੀ ਰਾਹੀਂ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਲੀਨ ਰਹਿੰਦੀ ਹੈ, ਉਹ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ। ਸਦਾ-ਥਿਰ ਪ੍ਰਭੂ ਵਿਚ ਜੁੜ ਕੇ, ਵਿਕਾਰਾਂ ਵੱਲੋਂ ਬੰਦਸ਼ ਵਿਚ ਰਹਿ ਕੇ, ਉਹ ਜੀਵ-ਇਸਤ੍ਰੀ ਪਵਿਤ੍ਰ ਜੀਵਨ ਵਾਲੀ ਹੋ ਜਾਂਦੀ ਹੈ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਆਤਮਕ ਜੀਵਨ ਨੂੰ ਸੋਹਣਾ ਬਣਾ ਲੈਂਦੀ ਹੈ। ਹੇ ਸਹੇਲੀਏ! ਮੇਰਾ ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਸਦਾ ਹੀ ਕਾਇਮ ਰਹਿਣ ਵਾਲਾ ਹੈ, ਉਸ ਨੇ ਆਪਣੇ ਆਪ ਨੂੰ ਆਪ ਹੀ ਪਰਗਟ ਕੀਤਾ ਹੋਇਆ ਹੈ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਗੁਰੂ-ਚਰਨਾਂ ਵਿਚ ਆਪਣਾ ਮਨ ਜੋੜ ਲਿਆ, ਉਹ ਸਦਾ ਪ੍ਰਭੂ-ਪਤੀ ਦਾ ਮਿਲਾਪ ਮਾਣਦੀ ਹੈ।੧। ਹੇ ਅੰਞਾਣ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਮਿਲਾਪ ਹਾਸਲ ਕਰ ਲੈਂਦੀ ਹੈ, ਉਹ ਹਰ ਵੇਲੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੀ ਹੈ। ਗੁਰੂ ਦੀ ਮਤਿ ਦਾ ਸਦਕਾ ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ, ਉਸ ਦੇ ਉਸ ਸਰੀਰ ਵਿਚ ਵਿਕਾਰਾਂ ਦੀ ਰਤਾ ਭਰ ਭੀ ਮੈਲ ਨਹੀਂ ਹੁੰਦੀ। ਉਸਦੇ ਉਸ ਸਰੀਰ ਵਿਚ ਰਤਾ ਭਰ ਭੀ ਮੈਲ ਨਹੀਂ ਹੁੰਦੀ, ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਰਹਿੰਦੀ ਹੈ, ਪ੍ਰਭੂ ਉਸ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈ। ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਹਰ ਵੇਲੇ ਆਪਣੇ ਹਰਿ-ਪ੍ਰਭੂ ਨੂੰ ਸਿਮਰਦੀ ਰਹਿੰਦੀ ਹੈ। ਗੁਰੂ ਦੀ ਸਿੱਖਿਆ ਨਾਲ ਉਹ ਪ੍ਰਭੂ ਨੂੰ ਮਿਲ ਪੈਂਦੀ ਹੈ, ਗੁਰੂ ਉਸ ਨੂੰ ਆਤਮਕ ਅਡੋਲਤਾ ਵਿਚ ਟਿਕਾ ਦੇਂਦਾ ਹੈ, ਉਹ ਆਪਣੇ ਪ੍ਰੀਤਮ-ਪ੍ਰਭੂ ਦੇ ਰੰਗ ਵਿਚ ਰੰਗੀ ਜਾਂਦੀ ਹੈ। ਹੇ ਨਾਨਕ! ਉਸ ਨੂੰ ਹਰਿ-ਨਾਮ ਮਿਲ ਜਾਂਦਾ ਹੈ, ਇੱਜ਼ਤ ਮਿਲ ਜਾਂਦੀ ਹੈ, ਉਹ ਪ੍ਰੇਮ-ਰੰਗ ਵਿਚ ਰੰਗੀ ਹੋਈ ਹਰ ਵੇਲੇ ਪ੍ਰਭੂ ਦਾ ਸਿਮਰਨ ਕਰਦੀ ਹੈ।੨। ਹੇ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਜੀਵ-ਇਸਤ੍ਰੀਏ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਹਰ ਵੇਲੇ ਸਿਮਰਦੀ ਹੈ, ਜਿਸ ਨੇ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਦਿੱਤਾ ਹੈ, ਉਸ ਨੇ ਉਸ ਪ੍ਰਭੂ ਦੀ ਹਜ਼ੂਰੀ ਪ੍ਰਾਪਤ ਕਰ ਲਈ ਹੈ ਜੇਹੜਾ ਬਹੁਤ ਪਵਿੱਤ੍ਰ ਹੈ, ਤੇ, ਸਭ ਦਾਤਾਂ ਦੇਣ ਵਾਲਾ ਹੈ। ਜਦੋਂ ਪ੍ਰਭੂ ਦੀ ਰਜ਼ਾ ਹੁੰਦੀ ਹੈ, ਤਦੋਂ ਜੀਵ-ਇਸਤ੍ਰੀ ਆਪਣੇ ਅੰਦਰੋਂ ਮੋਹ ਦੂਰ ਕਰਦੀ ਹੈ, ਤੇ, ਪ੍ਰਭੂ ਦੇ ਮਨ ਵਿਚ ਪਿਆਰੀ ਲੱਗਣ ਲੱਗ ਪੈਂਦੀ ਹੈ। ਫਿਰ ਉਹ ਹਰ ਵੇਲੇ ਸਦਾ-ਥਿਰ ਪ੍ਰਭੂ ਦੇ ਗੁਣ ਗਾਂਦੀ ਰਹਿੰਦੀ ਹੈ, ਅਤੇ ਉਸ ਪ੍ਰਭੂ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਕਰਦੀ ਹੈ ਜਿਸ ਦਾ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਸਹੇਲੀਏ! ਚੌਹਾਂ ਜੁਗਾਂ ਵਿਚ ਉਹ ਸਦਾ-ਥਿਰ ਪ੍ਰਭੂ ਆਪ ਹੀ ਆਪਣਾ ਹੁਕਮ ਵਰਤਾ ਰਿਹਾ ਹੈ, ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੇ ਭੀ ਉਸ ਦਾ ਮਿਲਾਪ ਪ੍ਰਾਪਤ ਨਹੀਂ ਕੀਤਾ। ਹੇ ਨਾਨਕ! ਜਿਸ ਜੀਵ-ਇਸਤ੍ਰੀ ਨੇ ਪਰਮਾਤਮਾ ਨਾਲ ਆਪਣਾ ਮਨ ਜੋੜ ਲਿਆ, ਉਹ ਉਸ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਉਸ ਦੇ ਪ੍ਰੇਮ ਵਿਚ ਉਸ ਦਾ ਸਿਮਰਨ ਕਰਦੀ ਹੈ।੩। ਜਿਸ ਜੀਵ-ਇਸਤ੍ਰੀ ਨੂੰ ਪਿਆਰੇ ਸੱਜਣ ਪ੍ਰਭੂ ਜੀ ਮਿਲ ਪੈਂਦੇ ਹਨ, ਉਸ ਦੇ ਮਨ ਵਿਚ ਆਨੰਦ ਬਣਿਆ ਰਹਿੰਦਾ ਹੈ। ਗੁਰੂ ਦੀ ਮਤਿ ਉਤੇ ਤੁਰ ਕੇ ਉਸ ਦਾ ਮਨ ਪਵਿੱਤ੍ਰ ਹੋ ਜਾਂਦਾ ਹੈ, ਉਹ ਆਪਣੇ ਹਿਰਦੇ ਵਿਚ ਹਰਿ-ਪ੍ਰਭੂ ਨੂੰ ਟਿਕਾ ਰੱਖਦੀ ਹੈ। ਉਹ ਜੀਵ-ਇਸਤ੍ਰੀ ਪਰਮਾਤਮਾ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੀ ਹੈ, ਇਸ ਤਰ੍ਹਾਂ ਆਪਣਾ ਜੀਵਨ-ਮਨੋਰਥ ਸੰਵਾਰ ਲੈਂਦੀ ਹੈ, ਗੁਰੂ ਦੀ ਸਿੱਖਿਆ ਦੀ ਬਰਕਤਿ ਨਾਲ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ। ਉਸ ਦਾ ਮਨ ਜੋ ਪਹਿਲਾਂ ਮਮਤਾ ਵਿਚ ਫਸਿਆ ਹੋਇਆ ਸੀ, ਪ੍ਰੀਤਮ-ਪ੍ਰਭੂ ਨੇ ਆਪਣੇ ਵੱਸ ਵਿਚ ਕਰ ਲਿਆ, ਤੇ, ਉਸ ਜੀਵ-ਇਸਤ੍ਰੀ ਨੇ ਸਿਰਜਣਹਾਰ ਪ੍ਰਭੂ ਨਾਲ ਮਿਲਾਪ ਪ੍ਰਾਪਤ ਕਰ ਲਿਆ। ਗੁਰੂ ਦੀ ਸਰਨ ਪੈ ਕੇ ਉਸ ਜੀਵ-ਇਸਤ੍ਰੀ ਨੇ ਸਦਾ ਆਤਮਕ ਆਨੰਦ ਮਾਣਿਆ ਹੈ, ਮੁਰਾਰੀ-ਪ੍ਰਭੂ ਉਸ ਦੇ ਮਨ ਵਿਚ ਆ ਵੱਸਿਆ ਹੈ। ਹੇ ਨਾਨਕ! ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਜੀਵ-ਇਸਤ੍ਰੀ ਨੇ ਆਪਣਾ ਜੀਵਨ ਸੋਹਣਾ ਬਣਾ ਲਿਆ ਹੈ, ਪਿਆਰੇ ਗੁਰੂ ਨੇ ਉਸ ਨੂੰ ਪ੍ਰਭੂ-ਚਰਨਾਂ ਵਿਚ ਜੋੜ ਦਿੱਤਾ ਹੈ।੪।੫।੬।
Leave a Reply